ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।
ਅਕਾਲ ਪੁਰਖ ਮੁੱਢ ਤੋਂ ਹੋਂਦ ਵਾਲਾ ਹੈ, ਜੁਗਾਂ ਦੇ ਮੁੱਢ ਤੋਂ ਮੌਜੂਦ ਹੈ ।
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥
ਹੇ ਨਾਨਕ! ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀ ਹੋਂਦ ਵਾਲਾ ਰਹੇਗਾ ॥੧॥
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥
ਜੇ ਮੈਂ ਲੱਖ ਵਾਰੀ (ਭੀ) (ਇਸ਼ਨਾਨ ਆਦਿਕ ਨਾਲ ਸਰੀਰ ਦੀ) ਸੁੱਚ ਰੱਖਾਂ, (ਤਾਂ ਭੀ ਇਸ ਤਰ੍ਹਾਂ) ਸੁੱਚ ਰੱਖਣ ਨਾਲ (ਮਨ ਦੀ) ਸੁੱਚ ਨਹੀਂ ਰਹਿ ਸਕਦੀ ।
ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥
ਜੇ ਮੈਂ (ਸਰੀਰ ਦੀ) ਇਕ-ਤਾਰ ਸਮਾਧੀ ਲਾਈ ਰੱਖਾਂ; (ਤਾਂ ਭੀ ਇਸ ਤਰ੍ਹਾਂ) ਚੁੱਪ ਕਰ ਰਹਿਣ ਨਾਲ ਮਨ ਦੀ ਸ਼ਾਂਤੀ ਨਹੀਂ ਹੋ ਸਕਦੀ ।
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥
ਜੇ ਮੈਂ ਸਾਰੇ ਭਵਣਾਂ ਦੇ ਪਦਾਰਥਾਂ ਦੇ ਢੇਰ (ਭੀ) ਸਾਂਭ ਲਵਾਂ, ਤਾਂ ਭੀ ਤ੍ਰਿਸ਼ਨਾ ਦੇ ਅਧੀਨ ਰਿਹਾਂ ਤ੍ਰਿਸ਼ਨਾ ਦੂਰ ਨਹੀਂ ਹੋ ਸਕਦੀ ।
ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥
ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ ।
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥
(ਤਾਂ ਫਿਰ) ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ?
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥
ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ) । ਹੇ ਨਾਨਕ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ ॥੧॥
ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥
ਅਕਾਲ ਪੁਰਖ ਦੇ ਹੁਕਮ ਅਨੁਸਾਰ ਸਾਰੇ ਸਰੀਰ ਬਣਦੇ ਹਨ, (ਪਰ ਇਹ) ਹੁਕਮ ਦੱਸਿਆ ਨਹੀਂ ਜਾ ਸਕਦਾ ਕਿ ਕਿਹੋ ਜਿਹਾ ਹੈ ।
ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥
ਰੱਬ ਦੇ ਹੁਕਮ ਅਨੁਸਾਰ ਹੀ ਸਾਰੇ ਜੀਵ ਜੰਮ ਪੈਂਦੇ ਹਨ ਅਤੇ ਹੁਕਮ ਅਨੁਸਾਰ ਹੀ (ਰੱਬ ਦੇ ਦਰ 'ਤੇ) ਸ਼ੋਭਾ ਮਿਲਦੀ ਹੈ ।
ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥
ਰੱਬ ਦੇ ਹੁਕਮ ਵਿਚ ਕੋਈ ਮਨੁੱਖ ਚੰਗਾ (ਬਣ ਜਾਂਦਾ) ਹੈ, ਕੋਈ ਭੈੜਾ । ਉਸ ਦੇ ਹੁਕਮ ਵਿਚ ਹੀ (ਆਪਣੇ ਕੀਤੇ ਹੋਏ ਕਰਮਾਂ ਦੇ) ਲਿਖੇ ਅਨੁਸਾਰ ਦੁੱਖ ਤੇ ਸੁਖ ਭੋਗੀਦੇ ਹਨ ।
ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥
ਹੁਕਮ ਵਿਚ ਹੀ ਕਦੀ ਮਨੁੱਖਾਂ ਉੱਤੇ (ਅਕਾਲ ਪੁਰਖ ਦੇ ਦਰ ਤੋਂ) ਬਖ਼ਸ਼ਸ਼ ਹੁੰਦੀ ਹੈ, ਅਤੇ ਉਸ ਦੇ ਹੁਕਮ ਵਿਚ ਹੀ ਕਈ ਮਨੁੱਖ ਨਿੱਤ ਜਨਮ ਮਰਨ ਦੇ ਗੇੜ ਵਿਚ ਭਵਾਈਦੇ ਹਨ ।
ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥
ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋ ਆਕੀ) ਨਹੀਂ ਹੋ ਸਕਦਾ ।
ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥
ਹੇ ਨਾਨਕ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂ ਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦੇਂਦਾ ਹੈ) ॥੨॥
ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥
ਜਿਸ ਕਿਸੇ ਮਨੁੱਖ ਨੂੰ ਸਮਰਥਾ ਹੁੰਦੀ ਹੈ, ਉਹ ਰੱਬ ਦੇ ਤਾਣ ਨੂੰ ਗਾਉਂਦਾ ਹੈ, (ਭਾਵ, ਉਸ ਦੀ ਸਿਫ਼ਤ-ਸਾਲਾਹ ਕਰਦਾ ਹੈ ਤੇ ਉਸ ਦੇ ਉਹ ਕੰਮ ਕਥਨ ਕਰਦਾ ਹੈ, ਜਿਨ੍ਹਾਂ ਤੋਂ ਉਸ ਦੀ ਵੱਡੀ ਤਾਕਤ ਪਰਗਟ ਹੋਵੇ) ।
ਗਾਵੈ ਕੋ ਦਾਤਿ ਜਾਣੈ ਨੀਸਾਣੁ ॥
ਕੋਈ ਮਨੁੱਖ ਉਸ ਦੀਆਂ ਦਾਤਾਂ ਨੂੰ ਹੀ ਗਾਉਂਦਾ ਹੈ, (ਕਿਉਂਕਿ ਇਹਨਾਂ ਦਾਤਾਂ ਨੂੰ ਉਹ ਰੱਬ ਦੀ ਰਹਿਮਤ ਦਾ) ਨਿਸ਼ਾਨ ਸਮਝਦਾ ਹੈ ।
ਗਾਵੈ ਕੋ ਗੁਣ ਵਡਿਆਈਆ ਚਾਰ ॥
ਕੋਈ ਮਨੁੱਖ ਰੱਬ ਦੇ ਸੋਹਣੇ ਗੁਣ ਤੇ ਸੋਹਣੀਆਂ ਵਡਿਆਈਆਂ ਵਰਣਨ ਕਰਦਾ ਹੈ ।
ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥
ਕੋਈ ਮਨੁੱਖ ਵਿੱਦਿਆ ਦੇ ਬਲ ਨਾਲ ਅਕਾਲ ਪੁਰਖ ਦੇ ਕਠਨ ਗਿਆਨ ਨੂੰ ਗਾਉਂਦਾ ਹੈ (ਭਾਵ, ਸ਼ਾਸਤਰ ਆਦਿਕ ਦੁਆਰਾ ਆਤਮਕ ਫ਼ਿਲਾਸਫ਼ੀ ਦੇ ਔਖੇ ਵਿਸ਼ਿਆਂ 'ਤੇ ਵਿਚਾਰ ਕਰਦਾ ਹੈ) ।
ਗਾਵੈ ਕੋ ਸਾਜਿ ਕਰੇ ਤਨੁ ਖੇਹ ॥
ਕੋਈ ਮਨੁੱਖ ਇਉਂ ਗਾਉਂਦਾ ਹੈ, 'ਅਕਾਲ ਪੁਰਖ ਸਰੀਰ ਨੂੰ ਬਣਾ ਕੇ (ਫਿਰ) ਸੁਆਹ ਕਰ ਦੇਂਦਾ ਹੈ' ।
ਗਾਵੈ ਕੋ ਜੀਅ ਲੈ ਫਿਰਿ ਦੇਹ ॥
ਕੋਈ ਇਉਂ ਗਾਉਂਦਾ ਹੈ, 'ਹਰੀ (ਸਰੀਰਾਂ ਵਿਚੋਂ) ਜਿੰਦਾਂ ਕੱਢ ਕੇ ਫਿਰ (ਦੂਜੇ ਸਰੀਰਾਂ ਵਿਚ) ਪਾ ਦੇਂਦਾ ਹੈ' ।
ਗਾਵੈ ਕੋ ਜਾਪੈ ਦਿਸੈ ਦੂਰਿ ॥
ਕੋਈ ਮਨੁੱਖ ਆਖਦਾ ਹੈ, 'ਅਕਾਲ ਪੁਰਖ ਦੂਰ ਜਾਪਦਾ ਹੈ, ਦੂਰ ਦਿੱਸਦਾ ਹੈ';
0 Comments