Ang 3

ਸੁਣਿਐ ਦੂਖ ਪਾਪ ਕਾ ਨਾਸੁ ॥੯॥

(ਕਿਉਂਕਿ) ਰੱਬ ਦੀ ਸਿਫ਼ਤਿ ਸਾਲਾਹ ਸੁਣਨ ਕਰਕੇ (ਮਨੁੱਖ ਦੇ) ਦੁਖਾਂ ਤੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ ॥੯॥


ਸੁਣਿਐ ਸਤੁ ਸੰਤੋਖੁ ਗਿਆਨੁ ॥

ਰੱਬ ਦੇ ਨਾਮ ਵਿਚ ਜੁੜਨ ਨਾਲ (ਹਿਰਦੇ ਵਿਚ) ਦਾਨ (ਦੇਣ ਦਾ ਸੁਭਾਉ), ਸੰਤੋਖ ਤੇ ਪ੍ਰਕਾਸ਼ ਪਰਗਟ ਹੋ ਜਾਂਦਾ ਹੈ,


ਸੁਣਿਐ ਅਠਸਠਿ ਕਾ ਇਸਨਾਨੁ ॥

ਮਾਨੋ, ਅਠਾਹਠ ਤੀਰਥਾਂ ਦਾ ਇਸ਼ਨਾਨ (ਹੀ) ਹੋ ਜਾਂਦਾ ਹੈ (ਭਾਵ, ਅਠਾਰਠ ਤੀਰਥਾਂ ਦੇ ਇਸ਼ਨਾਨ ਨਾਮ ਜਪਣ ਦੇ ਵਿਚ ਹੀ ਆ ਜਾਂਦੇ ਹਨ) ।


ਸੁਣਿਐ ਪੜਿ ਪੜਿ ਪਾਵਹਿ ਮਾਨੁ ॥

ਜੋ ਸਤਕਾਰ (ਮਨੁੱਖ ਵਿੱਦਿਆ) ਪੜ੍ਹ ਕੇ ਪਾਂਦੇ ਹਨ, ਉਹ ਭਗਤ ਜਨਾਂ ਨੂੰ ਅਕਾਲ ਪੁਰਖ ਦੇ ਨਾਮ ਵਿਚ ਜੁੜ ਕੇ ਹੀ ਮਿਲ ਜਾਂਦਾ ਹੈ ।


ਸੁਣਿਐ ਲਾਗੈ ਸਹਜਿ ਧਿਆਨੁ ॥

ਨਾਮ ਸੁਣਨ ਦਾ ਸਦਕਾ ਅਡੋਲਤਾ ਵਿਚ ਚਿੱਤ ਦੀ ਬ੍ਰਿਤੀ ਟਿਕ ਜਾਂਦੀ ਹੈ ।


ਨਾਨਕ ਭਗਤਾ ਸਦਾ ਵਿਗਾਸੁ ॥

ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ,


ਸੁਣਿਐ ਦੂਖ ਪਾਪ ਕਾ ਨਾਸੁ ॥੧੦॥

(ਕਿਉਂਕਿ) ਅਕਾਲ ਪੁਰਖ ਦੀ ਸਿਫ਼ਤ-ਸਾਲਾਹ ਸੁਣਨ ਨਾਲ (ਮਨੁੱਖ ਦੇ) ਦੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੧੦॥


ਸੁਣਿਐ ਸਰਾ ਗੁਣਾ ਕੇ ਗਾਹ ॥

ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਨਾਲ (ਸਾਧਾਰਨ ਮਨੁੱਖ) ਬੇਅੰਤ ਗੁਣਾਂ ਦੀ ਸੂਝ ਵਾਲੇ ਹੋ ਜਾਂਦੇ ਹਨ,


ਸੁਣਿਐ ਸੇਖ ਪੀਰ ਪਾਤਿਸਾਹ ॥

ਅਤੇ ਸ਼ੇਖ ਪੀਰ ਤੇ ਪਾਤਿਸ਼ਾਹਾਂ ਦੀ ਪਦਵੀ ਪਾ ਲੈਂਦੇ ਹਨ ।


ਸੁਣਿਐ ਅੰਧੇ ਪਾਵਹਿ ਰਾਹੁ ॥

ਇਹ ਨਾਮ ਸੁਣਨ ਦੀ ਹੀ ਬਰਕਤਿ ਹੈ ਕਿ ਅੰਨ੍ਹੇ ਗਿਆਨ-ਹੀਣ ਮਨੁੱਖ ਭੀ (ਅਕਾਲ ਪੁਰਖ ਨੂੰ ਮਿਲਣ ਦਾ) ਰਾਹ ਲੱਭ ਲੈਂਦੇ ਹਨ ।


ਸੁਣਿਐ ਹਾਥ ਹੋਵੈ ਅਸਗਾਹੁ ॥

ਅਕਾਲ ਪੁਰਖ ਦੇ ਨਾਮ ਵਿਚ ਜੁੜਨ ਦਾ ਸਦਕਾ ਇਸ ਡੂੰਘੇ ਸੰਸਾਰ-ਸਮੁੰਦਰ ਦੀ ਅਸਲੀਅਤ ਸਮਝ ਵਿਚ ਆ ਜਾਂਦੀ ਹੈ ।


ਨਾਨਕ ਭਗਤਾ ਸਦਾ ਵਿਗਾਸੁ ॥

ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ,


ਸੁਣਿਐ ਦੂਖ ਪਾਪ ਕਾ ਨਾਸੁ ॥੧੧॥

(ਕਿਉਂਕਿ) ਅਕਾਲ ਪੁਰਖ ਦਾ ਨਾਮ ਸੁਣਨ ਨਾਲ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੧੧॥


ਮੰਨੇ ਕੀ ਗਤਿ ਕਹੀ ਨ ਜਾਇ ॥

ਉਸ ਮਨੁੱਖ ਦੀ (ਉੱਚੀ) ਆਤਮਕ ਅਵਸਥਾ ਦੱਸੀ ਨਹੀਂ ਜਾ ਸਕਦੀ, ਜਿਸ ਨੇ (ਅਕਾਲ ਪੁਰਖ ਦੇ ਨਾਮ ਨੂੰ) ਮੰਨ ਲਿਆ ਹੈ, (ਭਾਵ, ਜਿਸ ਦੀ ਲਗਨ ਨਾਮ ਵਿਚ ਲੱਗ ਗਈ ਹੈ) ।


ਜੇ ਕੋ ਕਹੈ ਪਿਛੈ ਪਛੁਤਾਇ ॥

ਜੇ ਕੋਈ ਮਨੁੱਖ ਬਿਆਨ ਕਰੇ ਭੀ, ਤਾਂ ਉਹ ਪਿਛੋਂ ਪਛਤਾਉਂਦਾ ਹੈ (ਕਿ ਮੈਂ ਹੋਛਾ ਜਤਨ ਕੀਤਾ ਹੈ) ।


ਕਾਗਦਿ ਕਲਮ ਨ ਲਿਖਣਹਾਰੁ ॥

(ਨਾਮ ਵਿਚ) ਪਤੀਜੇ ਹੋਏ ਦੀ ਆਤਮਕ ਅਵਸਥਾ ਕਾਗਜ਼ ਉੱਤੇ ਕਲਮ ਨਾਲ ਕੋਈ ਮਨੁੱਖ ਲਿਖਣ ਦੇ ਸਮਰੱਥ ਨਹੀਂ ਹੈ,


ਮੰਨੇ ਕਾ ਬਹਿ ਕਰਨਿ ਵੀਚਾਰੁ ॥

(ਭਾਵੇਂ ਕਿ ਮਨੁੱਖ) ਰਲ ਕੇ ਉਸ ਦਾ ਅੰਦਾਜ਼ਾ ਲਾਂਦੇ ਲਾਉਣ ਬਾਬਤ ਵੀਚਾਰ (ਜ਼ਰੂਰ) ਕਰਦੇ ਹਨ ।


ਐਸਾ ਨਾਮੁ ਨਿਰੰਜਨੁ ਹੋਇ ॥

ਅਕਾਲ ਪੁਰਖ ਦਾ ਨਾਮ ਬਹੁਤ (ਉੱਚਾ) ਹੈ ਤੇ ਮਾਇਆ ਦੇ ਪਰਭਾਵ ਤੋਂ ਪਰੇ ਹੈ, (ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿੱਚ ਆਉਂਦੀ ਹੈ)


ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥

ਜੇ ਕੋਈ ਮਨੁੱਖ ਆਪਣੇ ਅੰਦਰ ਲਗਨ ਲਾ ਕੇ ਵੇਖੇ ॥੧੨॥


ਮੰਨੈ ਸੁਰਤਿ ਹੋਵੈ ਮਨਿ ਬੁਧਿ ॥

ਜੇ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ ਉਸ ਦੀ ਸੁਰਤ ਉੱਚੀ ਹੋ ਜਾਂਦੀ ਹੈ, ਉਸ ਦੇ ਮਨ ਵਿਚ ਜਾਗ੍ਰਤ ਆ ਜਾਂਦੀ ਹੈ, (ਭਾਵ, ਮਾਇਆ ਵਿਚ ਸੁੱਤਾ ਮਨ ਜਾਗ ਪੈਂਦਾ ਹੈ)


ਮੰਨੈ ਸਗਲ ਭਵਣ ਕੀ ਸੁਧਿ ॥

ਸਾਰੇ ਭਵਨਾਂ ਦੀ ਉਸ ਨੂੰ ਸੋਝੀ ਹੋ ਜਾਂਦੀ ਹੈ (ਕਿ ਹਰ ਥਾਂ ਪ੍ਰਭੂ ਵਿਆਪਕ ਹੈ । )


ਮੰਨੈ ਮੁਹਿ ਚੋਟਾ ਨਾ ਖਾਇ ॥

ਉਹ ਮਨੁੱਖ (ਸੰਸਾਰ ਦੇ ਵਿਕਾਰਾਂ ਦੀਆਂ) ਸੱਟਾਂ ਮੂੰਹ ਉੱਤੇ ਨਹੀਂ ਖਾਦਾ (ਭਾਵ, ਸੰਸਾਰਕ ਵਿਕਾਰ ਉਸ ਉੱਤੇ ਦਬਾ ਨਹੀਂ ਪਾ ਸਕਦੇ),


ਮੰਨੈ ਜਮ ਕੈ ਸਾਥਿ ਨ ਜਾਇ ॥

ਅਤੇ ਜਮਾਂ ਨਾਲ ਉਸ ਨੂੰ ਵਾਹ ਨਹੀਂ ਪੈਂਦਾ (ਭਾਵ, ਉਹ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ) ।


ਐਸਾ ਨਾਮੁ ਨਿਰੰਜਨੁ ਹੋਇ ॥

ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਇੱਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ),


ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥

ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰ ਲਏ ॥੧੩॥


ਮੰਨੈ ਮਾਰਗਿ ਠਾਕ ਨ ਪਾਇ ॥

ਜੇ ਮਨੁੱਖ ਦਾ ਮਨ ਨਾਮ ਵਿਚ ਪਤੀਜ ਜਾਏ ਤਾਂ ਜ਼ਿਦੰਗੀ ਦੇ ਸਫ਼ਰ ਵਿਚ ਵਿਚਾਰ ਆਦਿਕ ਦੀ ਕੋਈ ਰੋਕ ਨਹੀਂ ਪੈਂਦੀ ।


ਮੰਨੈ ਪਤਿ ਸਿਉ ਪਰਗਟੁ ਜਾਇ ॥

ਉਹ (ਸੰਸਾਰ ਵਿਚ) ਸ਼ੋਭਾ ਖੱਟ ਕੇ ਇੱਜ਼ਤ ਨਾਲ ਜਾਂਦਾ ਹੈ ।


ਮੰਨੈ ਮਗੁ ਨ ਚਲੈ ਪੰਥੁ ॥

ਉਹ ਫਿਰ (ਦੁਨੀਆਂ ਦੇ ਵੱਖੋ-ਵੱਖਰੇ ਮਜ਼ਹਬਾਂ ਦੇ ਦੱਸੇ) ਰਸਤਿਆਂ 'ਤੇ ਨਹੀਂ ਤੁਰਦਾ (ਭਾਵ, ਉਸ ਦੇ ਅੰਦਰ ਇਹ ਵਿਖੇਪਤਾ ਨਹੀਂ ਰਹਿੰਦੀ ਕਿ ਇਹ ਰਸਤਾ ਚੰਗਾ ਹੈ ਤੇ ਇਹ ਮੰਦਾ ਹੈ) ।


ਮੰਨੈ ਧਰਮ ਸੇਤੀ ਸਨਬੰਧੁ ॥

ਉਸ ਮਨੁੱਖ ਦਾ ਧਰਮ ਨਾਲ (ਸਿੱਧਾ) ਜੋੜ ਬਣ ਜਾਂਦਾ ਹੈ ।


ਐਸਾ ਨਾਮੁ ਨਿਰੰਜਨੁ ਹੋਇ ॥

ਅਕਾਲ ਪੁਰਖ ਦਾ ਨਾਮ ਜੋ ਮਾਇਆ ਦੇ ਪ੍ਰਭਾਵ ਤੋਂ ਪਰ੍ਹੇ ਹੈ, ਏਡਾ (ਉੱਚਾ) ਹੈ, (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ)


ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥

ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰ ਲਏ ॥੧੪॥


ਮੰਨੈ ਪਾਵਹਿ ਮੋਖੁ ਦੁਆਰੁ ॥

ਜੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ (ਮਨੁੱਖ) 'ਕੂੜ' ਤੋਂ ਖ਼ਲਾਸੀ ਪਾਣ ਦਾ ਰਾਹ ਲੱਭ ਲੈਂਦੇ ਹਨ ।


ਮੰਨੈ ਪਰਵਾਰੈ ਸਾਧਾਰੁ ॥

(ਇਹੋ ਜਿਹਾ ਮਨੁੱਖ) ਆਪਣੇ ਪਰਵਾਰ ਨੂੰ ਭੀ (ਅਕਾਲ ਪੁਰਖ ਦੀ) ਟੇਕ ਦ੍ਰਿੜ੍ਹ ਕਰਾਉਂਦਾ ਹੈ ।


ਮੰਨੈ ਤਰੈ ਤਾਰੇ ਗੁਰੁ ਸਿਖ ॥

ਨਾਮ ਵਿਚ ਮਨ ਪਤੀਜਣ ਕਰਕੇ ਹੀ, ਸਤਿਗੁਰੂ (ਭੀ ਆਪ ਸੰਸਾਰ-ਸਾਗਰ ਤੋਂ) ਪਾਰ ਲੰਘ ਜਾਂਦਾ ਹੈ ਤੇ ਸਿੱਖਾਂ ਨੂੰ ਪਾਰ ਲੰਘਾਉਂਦਾ ਹੈ ।


ਮੰਨੈ ਨਾਨਕ ਭਵਹਿ ਨ ਭਿਖ ॥

ਨਾਮ ਵਿਚ ਮਨ ਜੁੜਨ ਕਰ ਕੇ, ਹੇ ਨਾਨਕ! ਮਨੁੱਖ ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ ।


ਐਸਾ ਨਾਮੁ ਨਿਰੰਜਨੁ ਹੋਇ ॥

ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਏਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ),


ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥

ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰੇ ॥੧੫॥


ਪੰਚ ਪਰਵਾਣ ਪੰਚ ਪਰਧਾਨੁ ॥

ਜਿਨ੍ਹਾਂ ਮਨੁੱਖਾਂ ਦੀ ਸੁਰਤ ਨਾਮ ਵਿਚ ਜੁੜੀ ਰਹਿੰਦੀ ਹੈ ਤੇ ਜਿਨ੍ਹਾਂ ਦੇ ਅੰਦਰ ਪ੍ਰਭੂ ਵਾਸਤੇ ਲਗਨ ਬਣ ਜਾਂਦੀ ਹੈ ਉਹੀ ਮਨੁੱਖ (ਇੱਥੇ ਜਗਤ ਵਿਚ) ਮੰਨੇ-ਪ੍ਰਮੰਨੇ ਰਹਿੰਦੇ ਹਨ ਅਤੇ ਸਭ ਦੇ ਆਗੂ ਹੁੰਦੇ ਹਨ ।


ਪੰਚੇ ਪਾਵਹਿ ਦਰਗਹਿ ਮਾਨੁ ॥

ਅਕਾਲ ਪੁਰਖ ਦੀ ਦਰਗਾਹ ਵਿਚ ਭੀ ਉਹ ਪੰਚ ਜਨ ਹੀ ਆਦਰ ਪਾਂਦੇ ਹਨ ।


ਪੰਚੇ ਸੋਹਹਿ ਦਰਿ ਰਾਜਾਨੁ ॥

ਰਾਜ-ਦਰਬਾਰਾਂ ਵਿਚ ਭੀ ਉਹ ਪਂਚ ਜਨ ਹੀ ਸੋਭਦੇ ਹਨ ।


ਪੰਚਾ ਕਾ ਗੁਰੁ ਏਕੁ ਧਿਆਨੁ ॥

ਇਹਨਾਂ ਪੰਚ ਜਨਾਂ ਦੀ ਸੁਰਤ ਦਾ ਨਿਸ਼ਾਨਾ ਕੇਵਲ ਇਕ ਗੁਰੂ ਹੀ ਹੈ (ਭਾਵ, ਇਹਨਾਂ ਦੀ ਸੁਰਤ ਗੁਰ-ਸ਼ਬਦ ਵਿਚ ਹੀ ਰਹਿਂਦੀ ਹੈ, ਗੁਰ-ਸ਼ਬਦ ਵਿਚ ਜੁੜੇ ਰਹਿੰਦਾ ਹੀ ਇਹਨਾਂ ਦਾ ਅਸਲ ਨਿਸ਼ਾਨਾ ਹੈ) ।


ਜੇ ਕੋ ਕਹੈ ਕਰੈ ਵੀਚਾਰੁ ॥

ਭਾਵੇਂ ਕੋਈ ਕਥਨ ਕਰ ਵੇਖੇ ਤੇ ਵਿਚਾਰ ਕਰ ਲਏ,


ਕਰਤੇ ਕੈ ਕਰਣੈ ਨਾਹੀ ਸੁਮਾਰੁ ॥

ਅਕਾਲ-ਪੁਰਖ ਦੀ ਕੁਦਰਤਿ ਦਾ ਕੋਈ ਲੇਖਾ ਹੀ ਨਹੀਂ (ਭਾਵ, ਅੰਤ ਨਹੀਂ ਪੈ ਸਕਦਾ) ਪਰ (ਗੁਰ-ਸ਼ਬਦ ਵਿਚ ਜੁੜੇ ਰਹਿਣ ਦਾ ਇਹ ਸਿੱਟਾ ਨਹੀਂ ਨਿਕਲ ਸਕਦਾ ਕਿ ਕੋਈ ਮਨੁੱਖ ਪ੍ਰਭੂ ਦੀ ਰਚੀ ਸਿਸ਼੍ਰਟੀ ਦਾ ਅੰਤ ਪਾ ਸਕੇ । ਪਰਮਾਤਮਾ ਤੇ ਉਸ ਦੀ ਕੁਦਰਤਿ ਦਾ ਅੰਤ ਲੱਭਣਾ ਮਨੁੱਖ ਦੀ ਜ਼ਿੰਦਗੀ ਦਾ ਮਨੋਰਥ ਹੋ ਹੀ ਨਹੀਂ ਸਕਦਾ)


ਧੌਲੁ ਧਰਮੁ ਦਇਆ ਕਾ ਪੂਤੁ ॥

(ਅਕਾਲ ਪੁਰਖ ਦਾ) ਧਰਮ-ਰੂਪੀ ਬੱਝਵਾਂ ਨਿਯਮ ਹੀ ਬਲਦ ਹੈ (ਜੋ ਸ੍ਰਿਸ਼ਟੀ ਨੂੰ ਕਾਇਮ ਰੱਖ ਰਿਹਾ ਹੈ) । (ਇਹ ਧਰਮ) ਦਇਆ ਦਾ ਪੁੱਤਰ ਹੈ (ਭਾਵ, ਅਕਾਲ ਪੁਰਖ ਨੇ ਆਪਣੀ ਮਿਹਰ ਕਰ ਕੇ ਸ੍ਰਿਸ਼ਟੀ ਨੂੰ ਟਿਕਾ ਰੱਖਣ ਲਈ 'ਧਰਮ' ਰੂਪ ਨਿਯਮ ਬਣਾ ਦਿੱਤਾ ਹੈ) ।


ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥

ਇਸ ਧਰਮ ਨੇ ਆਪਣੀ ਮਰਯਾਦਾ ਅਨੁਸਾਰ ਸੰਤੋਖੁ ਨੂੰ ਜਨਮ ਦੇ ਦਿੱਤਾ ਹੈ ।


ਜੇ ਕੋ ਬੁਝੈ ਹੋਵੈ ਸਚਿਆਰੁ ॥

ਜੇ ਕੋਈ ਮਨੁੱਖ (ਇਸ ਉਪਰ-ਦੱਸੀ ਵਿਚਾਰ ਨੂੰ) ਸਮਝ ਲਏ, ਤਾਂ ਉਹ ਇਸ ਯੋਗ ਹੋ ਜਾਂਦਾ ਹੈ ਕਿ ਉਸ ਦੇ ਅੰਦਰ ਅਕਾਲ ਪੁਰਖ ਦਾ ਪਰਕਾਸ਼ ਹੋ ਜਾਏ ।


ਧਵਲੈ ਉਪਰਿ ਕੇਤਾ ਭਾਰੁ ॥

(ਨਹੀਂ ਤਾਂ, ਖ਼ਿਆਲ ਤਾਂ ਕਰੋ ਕਿ) ਬਲਦ ਉੱਤੇ ਧਰਤੀ ਦਾ ਕਿਤਨਾ ਕੁ ਬੇਅੰਤ ਭਾਰ ਹੈ (ਉਹ ਵਿਚਾਰਾ ਇਤਨੇ ਭਾਰ ਨੂੰ ਚੁੱਕ ਕਿਵੇਂ ਸਕਦਾ ਹੈ?)


ਧਰਤੀ ਹੋਰੁ ਪਰੈ ਹੋਰੁ ਹੋਰੁ ॥

(ਦੂਜੀ ਵਿਚਾਰ ਹੋਰ ਹੈ ਕਿ ਜੇ ਧਰਤੀ ਦੇ ਹੇਠ ਬਲਦ ਹੈ, ਉਸ ਬਲਦ ਨੂੰ ਸਹਾਰਾ ਦੇਣ ਲਈ ਹੇਠ ਹੋਰ ਧਰਤੀ ਹੋਈ, ਉਸ) ਧਰਤੀ ਦੇ ਹੇਠਾਂ ਹੋਰ ਬਲਦ, ਉਸ ਤੋਂ ਹੇਠਾਂ (ਧਰਤੀ ਦੇ ਹੇਠ) ਹੋਰ ਬਲਦ, ਫੇਰ ਹੋਰ ਬਲਦ;


ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥

(ਇਸੇ ਤਰ੍ਹਾਂ ਅਖ਼ੀਰਲੇ) ਬਲਦ ਤੋਂ ਭਾਰ (ਸਹਾਰਨ ਲਈ ਉਸ ਦੇ) ਹੇਠ ਕਿਹੜਾ ਆਸਰਾ ਹੋਵੇਗਾ?


ਜੀਅ ਜਾਤਿ ਰੰਗਾ ਕੇ ਨਾਵ ॥

(ਸ੍ਰਿਸ਼ਟੀ ਵਿਚ) ਕਈ ਜ਼ਾਤਾਂ ਦੇ, ਕਈ ਕਿਸਮਾਂ ਦੇ ਅਤੇ ਕਈ ਨਾਵਾਂ ਦੇ ਜੀਵ ਹਨ ।


ਸਭਨਾ ਲਿਖਿਆ ਵੁੜੀ ਕਲਾਮ ॥

ਇਹਨਾਂ ਸਭਨਾਂ ਨੇ ਇਕ-ਤਾਰ ਚਲਦੀ ਕਲਮ ਨਾਲ (ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਲਿਖਿਆ ਹੈ ।


ਏਹੁ ਲੇਖਾ ਲਿਖਿ ਜਾਣੈ ਕੋਇ ॥

(ਪਰ) ਕੋਈ ਵਿਰਲਾ ਮਨੁੱਖ ਇਹ ਲੇਖਾ ਲਿਖਣਾ ਜਾਣਦਾ ਹੈ (ਭਾਵ, ਪਰਮਾਤਮਾ ਦੀ ਕੁਦਰਤ ਦਾ ਅੰਤ ਕੋਈ ਭੀ ਜੀਵ ਪਾ ਨਹੀਂ ਸਕਦਾ ।


ਲੇਖਾ ਲਿਖਿਆ ਕੇਤਾ ਹੋਇ ॥

(ਜੇ) ਲੇਖਾ ਲਿਖਿਆ (ਭੀ ਜਾਏ ਤਾਂ ਇਹ ਅੰਦਾਜ਼ਾ ਨਹੀਂ ਲੱਗ ਸਕਦਾ ਕਿ ਲੇਖਾ) ਕੇਡਾ ਵੱਡਾ ਹੋ ਜਾਏ ।


ਕੇਤਾ ਤਾਣੁ ਸੁਆਲਿਹੁ ਰੂਪੁ ॥

ਅਕਾਲ ਪੁਰਖ ਦਾ ਬੇਅੰਤ ਬਲ ਹੈ, ਬੇਅੰਤ ਸੁੰਦਰ ਰੂਪ ਹੈ,


ਕੇਤੀ ਦਾਤਿ ਜਾਣੈ ਕੌਣੁ ਕੂਤੁ ॥

ਬੇਅੰਤ ਉਸ ਦੀ ਦਾਤ ਹੈ । ਇਸ ਦਾ ਕੌਣ ਅੰਦਾਜ਼ਾ ਲਾ ਸਕਦਾ ਹੈ?


ਕੀਤਾ ਪਸਾਉ ਏਕੋ ਕਵਾਉ ॥

(ਅਕਾਲ ਪੁਰਖ ਨੇ) ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ,


ਤਿਸ ਤੇ ਹੋਏ ਲਖ ਦਰੀਆਉ ॥

ਉਸ ਹੁਕਮ ਨਾਲ (ਹੀ ਜ਼ਿੰਦਗੀ ਦੇ) ਲੱਖਾਂ ਦਰੀਆ ਬਣ ਗਏ ।


ਕੁਦਰਤਿ ਕਵਣ ਕਹਾ ਵੀਚਾਰੁ ॥

(ਸੋ) ਮੇਰੀ ਕੀਹ ਤਾਕਤ ਹੈ ਕਿ (ਕਰਤਾਰ ਦੀ ਕੁਦਰਤਿ ਦੀ) ਵਿਚਾਰ ਕਰ ਸਕਾਂ?


ਵਾਰਿਆ ਨ ਜਾਵਾ ਏਕ ਵਾਰ ॥

(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ । )


ਜੋ ਤੁਧੁ ਭਾਵੈ ਸਾਈ ਭਲੀ ਕਾਰ ॥

ਜੋ ਤੈਨੂੰ ਚੰਗਾ ਲੱਗਦਾ ਹੈ, ਉਹ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ) ।


ਤੂ ਸਦਾ ਸਲਾਮਤਿ ਨਿਰੰਕਾਰ ॥੧੬॥

ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ ॥੧੬॥


ਅਸੰਖ ਜਪ ਅਸੰਖ ਭਾਉ ॥

(ਅਕਾਲ ਪੁਰਖ ਦੀ ਰਚਨਾ ਵਿਚ) ਅਨਗਿਣਤ ਜੀਵ ਜਪ ਕਰਦੇ ਹਨ, ਬੇਅੰਤ ਜੀਵ (ਹੋਰਨਾਂ ਨਾਲ) ਪਿਆਰ (ਦਾ ਵਰਤਾਉ) ਕਰ ਰਹੇ ਹਨ ।


ਅਸੰਖ ਪੂਜਾ ਅਸੰਖ ਤਪ ਤਾਉ ॥

ਕਈ ਜੀਵ ਪੂਜਾ ਕਰ ਰਹੇ ਹਨ ਅਤੇ ਅਨਗਿਣਤ ਹੀ ਜੀਵ ਤਪ ਸਾਧ ਰਹੇ ਹਨ ।


ਅਸੰਖ ਗਰੰਥ ਮੁਖਿ ਵੇਦ ਪਾਠ ॥

ਬੇਅੰਤ ਜੀਵ ਵੇਦਾਂ ਅਤੇ ਹੋਰ ਧਾਰਮਿਕ ਪੁਸਤਕਾਂ ਦੇ ਪਾਠ ਮੂੰਹ ਨਾਲ ਕਰ ਰਹੇ ਹਨ ।


ਅਸੰਖ ਜੋਗ ਮਨਿ ਰਹਹਿ ਉਦਾਸ ॥

ਜੋਗ ਦੇ ਸਾਧਨ ਕਰਨ ਵਾਲੇ ਬੇਅੰਤ ਮਨੁੱਖ ਆਪਣੇ ਮਨ ਵਿਚ (ਮਾਇਆ ਵਲੋਂ) ਉਪਰਾਮ ਰਹਿੰਦੇ ਹਨ ।

Post a Comment

0 Comments